ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਸ. ਅਮੋਲਕ ਸਿੰਘ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

45

ਸਪੀਕਰ ਸੰਧਵਾਂ ਵੱਲੋਂ ਅਧਿਕਾਰੀਆਂ ਨੂੰ ਸਰਕਾਰੀ ਸੇਵਾਵਾਂ ਸਮਾਂਬੱਧ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਗਏ ਹਰੇਕ ਵਾਧੇ ਨੂੰ ਪੂਰਾ ਕਰੇਗੀ-ਸੰਧਵਾਂ

ਸਿੱਖਿਆ, ਸਿਹਤ ਵਿੱਚ ਸੁਧਾਰ ਪੰਜਾਬ ਸਰਕਾਰ ਦੀ ਤਰਜੀਹ ਦੱਸਿਆ

ਫਰੀਦਕੋਟ 25 ਮਾਰਚ (PBNN) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋਂ ਤੋਂ ਵਿਧਾਇਕ ਸ. ਅਮੋਲਕ ਸਿੰਘ ਵੱਲੋਂ ਅੱਜ ਜਿਲਾ ਪ੍ਰਬੰਧਕੀ ਕੰਪੈਲਕਸ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ, ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਸਮੇਤ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ ਕੰਮਕਾਰ ਲਈ ਆਉਣ ਵਾਲੇ ਲੋਕਾਂ ਦੇ ਕੰਮ ਤਰਜੀਹੀ ਆਧਾਰ ਤੇ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਨੇ ਮਾਨਯੋਗ ਸਪੀਕਰ ਅਤੇ ਵਿਧਾਇਕਾਂ ਨੂੰ ਜੀ ਆਇਆ ਕਿਹਾ ਤੇ ਸਮੂਹ ਅਧਿਕਾਰੀਆਂ ਦੀ ਜਾਣ ਪਹਿਚਾਣ ਕਰਵਾਈ।

          ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਨਾਲ ਲੋਕਾਂ ਦੀ ਸਰਕਾਰ ਹੋਂਦ ਵਿੱਚ ਆਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਆਸਾਂ, ਉਮੀਦਾਂ ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਧਿਕਾਰੀਆਂ  ਨੂੰ ਕਿਹਾ ਕਿ ਆਮ ਲੋਕਾਂ ਨੂੰ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ਸਮਾਂਬੱਧ ਤੇ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ/ਕਰਮਚਾਰੀ ਦਾ ਫਰਜ਼ ਹੈ ਅਤੇ ਕਿਸੇ ਵੀ ਸਰਕਾਰੀ ਵਿਭਾਗ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ/ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਹੋਰ ਸਖਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਦੀ ਸਰਕਾਰ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਿਨਾਂ ਵਜ੍ਹਾਂ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਸਗੋਂ ਉਨ੍ਹਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਸਾਫ-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਵਿੱਚੋਂ ਚਿੱਟੇ ਸਮੇਤ ਹਰ ਤਰ੍ਹਾਂ ਦੇ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਰਾਜ ਦੇ ਨਾਗਰਿਕਾਂ ਨੂੰ ਸੇਧ, ਸਿੱਖਿਆ, ਰੋਜ਼ਮਰਾਂ ਦੇ ਕੰਮਾਂ ਸਬੰਧੀ ਸੇਵਾਵਾਂ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਜਿਲ੍ਹੇ ਵਿੱਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ, ਯੋਜਨਾਵਾਂ ਦਾ ਵੀ ਜਾਇਜਾ ਲਿਆ। ਉਨ੍ਹਾਂ ਸਿਵਲ ਹਸਪਤਾਲ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਮਰੀਜਾਂ ਦੇ ਇਲਾਜ, ਓਟ ਸੈਂਟਰਾਂ ਆਦਿ ਵਿੱਚ ਹੋਰ ਸੁਧਾਰਾਂ ਲਈ ਵੀ ਅਧਿਕਾਰੀਆਂ ਨੂੰ ਕਿਹਾ। ਉਨ੍ਹਾਂ ਕਿਹਾ ਕਿ ਉਹ ਹਰੇਕ ਮਹੀਨੇ ਇਨ੍ਹਾਂ ਕੰਮਾਂ ਲਈ ਰੀਵਿਊ ਮੀਟਿੰਗ ਕਰਨਗੇ।

ਇਸ ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਵਿਧਾਇਕਾਂ ਦੀ ਮੰਗ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਸਮਾਂ ਹੋਰ ਵਧਾਇਆ ਜਾਵੇਗਾ ਤਾਂ ਜੋ ਹਰੇਕ ਮੈਂਬਰ ਨੂੰ ਵਿਧਾਨ ਸਭਾ ਵਿੱਚ ਆਪਣੀ ਗੱਲਬਾਤ ਰੱਖਣ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਫਰੀਦਕੋਟ ਦੇ ਬ੍ਰਜਿੰਦਰਾ ਕਾਲਜ ਵਿੱਚ ਬੀ.ਐਸ.ਸੀ. ਐਗਰੀਕਲਚਰ ਦਾ ਕੋਰਸ ਦੁਬਾਰਾ ਸ਼ੁਰੂ ਕਰਨ ਲਈ ਉਹ ਪੂਰੀ ਵਾਹ ਲਗਾਉਣਗੇ ਅਤੇ ਇਸ ਤੋਂ ਇਲਾਵਾ ਫਰੀਦਕੋਟ ਨੂੰ ਨਮੂਨੇ ਦਾ ਜਿਲ੍ਹਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋਂ ਤੋਂ ਵਿਧਾਇਕ ਸ. ਅਮੋਲਕ ਸਿੰਘ ਨੇ ਆਪਣੇ ਆਪਣੇ ਹਲਕੇ ਵਿੱਚ ਸੀਵਰੇਜ, ਵਿਕਾਸ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਅਧਿਕਾਰੀਆਂ ਸਾਹਮਣੇ ਰੱਖੀਆ ਅਤੇ ਉਨ੍ਹਾਂ ਦੇ ਸਮਾਂਬੱਧ ਹੱਲ ਲਈ ਆਦੇਸ਼ ਦਿੱਤੇ।

ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਫਰੀਦਕੋਟ,, ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਸ. ਪਰਮਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ. ਕੋਟਕਪੂਰਾ ਸ. ਵਰਿੰਦਰ ਸਿੰਘ,ਐਸ.ਪੀ. ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ

You might also like